ਭਵਾਨੀਗੜ੍ਹ (ਗੁਰਦੀਪ ਸਿਮਰ) ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਜਿਲ੍ਹਾ ਸੰਗਰੂਰ ਦੇ ਜਿਲ੍ਹਾ ਆਗੂ ਸੁਖਦੇਵ ਸਿੰਘ ਬਾਲਦ ਕਲਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਣ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਉਹਨਾਂ ਦੇ ਜੱਦੀ ਪਿੰਡ ਬਾਲਦ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਹੋਰ ਆਗੂਆਂ ਵਲੋਂ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਤੇ ਜਥੇਬੰਦੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇੱਥੇ ਦੱਸਣਯੋਗ ਹੈ ਕਿ ਸੁਖਦੇਵ ਸਿੰਘ ਬਾਲਦ ਕਲਾਂ ਪਿਛਲੇ ਤਿੰਨ ਦਹਾਕਿਆਂ ਤੋਂ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਸਨ। ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਚੱਲੇ ਦਿੱਲੀ ਕਿਸਾਨ ਮੋਰਚੇ ਵਿੱਚ ਵੀ ਸੁਖਦੇਵ ਸਿੰਘ ਬਾਲਦ ਕਲਾਂ ਡੱਟਕੇ ਹਿੱਸਾ ਪਾਉਂਦੇ ਰਹੇ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸਾਹਬ ਸਿੰਘ ਬਡਬਰ, ਰਣਧੀਰ ਸਿੰਘ ਭੱਟੀਵਾਲ, ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਾਕਿਯੂ ਬੁਰਜ਼ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਸੁਖਦੇਵ ਸਿੰਘ ਬਾਲਦ ਕਲਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਕਿਸਾਨੀ ਸੰਘਰਸ਼ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਕਰਾਰ ਦਿੱਤਾ।