ਫਾਜਿਲਕਾ(ਜਸਕੀਰਤ ਰਾਜਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਵੀ ਮੁੱਦਈ ਦੇ ਨਾਲ ਮਿਲਕੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ. ਰਾਜ ਕੁਮਾਰ ਸਾਮਾਂ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਹਜ਼ੂਰ ਸਿੰਘ ਵਾਸੀ ਸੱਜਣ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਜੇਈ ਵੱਲੋਂ ਉਸਦੇ ਪਿੰਡ ਵਿੱਚ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਇਹ ਸੌਦਾ 7000 ਰੁਪਏ ਵਿੱਚ ਹੋਇਆ ਹੈ। ਇਸ ਮੰਗ ਸਬੰਧੀ ਸ਼ਿਕਾਇਤਕਰਤਾ ਨੇ ਜੇਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਬਿਜਲੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।