ਪੰਜਾਬ ਸਰਕਾਰ ਨੇ ਪੜ੍ਹਨ ਵਾਲੀਆਂ ਕੁੜੀਆਂ ਲਈ ਜਾਰੀ ਕੀਤੀ ਰਕਮ ਕੁੜੀਆਂ ਦੇ ਖਾਤੇ ਚ, ਆਉਣ ਗੇ ਪੈਸੇ।

ਸੰਗਰੂਰ  (ਬਲਵਿੰਦਰ ਬਾਲੀ)    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ 2.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹੇ ‘ਚ 2.30 ਕਰੋੜ ਰੁਪਏ ਦੀ ਰਾਸ਼ੀ ਨਾਲ ਮਹੀਨਾ ਜਨਵਰੀ 2024 ਤੱਕ ਦੇ 451 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਯੋਗ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ। ਉਹਨਾਂ ਵੱਲੋਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਪਹਿਲਾਂ ਹੀ 4.35 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਤੋਂ ਬਾਅਦ ਇਹ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਤੱਕ ਬਿਨਾ ਕਿਸੇ ਵਿਤਕਰੇ ਅਤੇ ਖੱਜਲਖੁਆਰੀ ਤੋਂ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਹੀਲੇ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਇਸ ਸਕੀਮ ਸਬੰਧੀ ਕੋਈ ਵੀ ਜਾਣਕਾਰੀ ਜਾਂ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮ ਵਾਲੇ ਦਿਨ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।

error: Content is protected !!