ਭਵਾਨੀਗੜ (ਬਲਵਿੰਦਰ ਬਾਲੀ) ਝੋਨੇ ਦੀ ਫ਼ਸਲ ਦੀ ਖਰੀਦ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਮੰਡੀਆਂ ’ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਅਰੀ ਦੇ ਰੋਸ ਵੱਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਅੱਜ ਸਥਾਨਕ ਇਲਾਕੇ ਦੀਆਂ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਵੱਲੋਂ ਸ਼ਹਿਰ ’ਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ਉੱਪਰ ਬਲਿਆਲ ਰੋਡ ਨਜ਼ਦੀਕ ਟ੍ਰੈਫ਼ਿਕ ਜਾਮ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਕਰਮ ਸਿੰਘ ਬਲਿਆਲ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਏਕਤਾ ਡਕੌਂਦਾ ਬੁਰਜਗਿੱਲ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖਰੀਦ ਨਾ ਹੋਣ ਕਾਰਨ ਤੇ ਮੰਡੀਆਂ ’ਚ ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਨਾ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਂਰ ਲੱਗ ਚੁੱਕੇ ਹਨ ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਮੰਡੀਆਂ ਤੇ ਖੇਤਾਂ ’ਚ ਦੋਵੇ ਥਾਵਾਂ ਉਪਰ ਰੁੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਿਸਾਨ ਤੇ ਕਿਸਾਨੀ ਨੂੰ ਬਰਬਾਦ ਕਰਨ ਵਾਲੀਆਂ ਹਨ ਤੇ ਕੇਂਦਰ ਸਰਕਾਰ ਵੱਲੋਂ ਆਪਣੀ ਬੋਦਲਾਖੋਰੀ ਦੀ ਭਾਵਨਾ ਤਹਿਤ ਜਾਣ ਬੁੱਝ ਕੇ ਪੰਜਾਬ ਦੇ ਕਿਸਾਨਾਂ ਨਾਲ ਇਹ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਤੁਰੰਤ ਕਰਵਾਈ ਜਾਵੇ, ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਣ ਚਾਲੂ ਕਰਵਾਈ ਜਾਵੇ, ਕਿਸਾਨਾਂ ਦੇ ਝੋਨੇ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਪਰਾਲੀ ਦੇ ਸਹੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੰਗ ਅਨੁਸਾਰ ਸਹੀ ਬੋਨਸ ਦਿੱਤਾ ਜਾਵੇ ਤੇ ਮਾਮਲੇ ਦਰਜ ਕਰਨ ਦੀਆਂ ਧਮਕੀਆਂ ਦੇਣੀਆਂ ਬੰਦ ਕੀਤੀਆਂ ਜਾਣ ਤੇ ਕਣਕ ਦੀ ਬਿਜਾਈ ਲਈ ਖਾਦਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ’ਚ ਬਦਲਾਅ ਕਰਕੇ ਕਿਸਾਨ ਹਤੈਸ਼ੀ ਫੈਸਲੇ ਨਾ ਲਏ ਤਾਂ ਕਿਸਾਨਾਂ ਵੱਲੋਂ ਹੋਰ ਤਿੱਖਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।