ਪੰਜਾਬ ‘ਚ ਨੈਸ਼ਨਲ ਹਾਈਵੇ ਨੰਬਰ 7 ਜਾਮ ਕਿਸਾਨਾਂ ਨੇਂ ਰੋਕੀ ਆਵਾਜਾਈ।

ਭਵਾਨੀਗੜ੍ਹ (ਬਲਵਿੰਦਰ ਬਾਲੀ)   ਦਿੱਲੀ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਭੂ ਅਤੇ ਖਨੌਰੀ ਬਾਰਡਰਾਂ ’ਤੇ ਮੋਰਚੇ ਲਗਾ ਕੇ ਬੈਠੇ ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਕੜਾਕੇ ਦੀ ਠੰਡ ਦੇ ਬਾਵਜੂਦ ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇਅ ਉਪਰ ਬਲਿਆਲ ਰੋਡ ਕੱਟ ਨਜ਼ਦੀਕ ਚੱਕਾ ਜ਼ਾਮ ਕਰਕੇ ਰੋਸ ਧਰਨਾ ਦਿੰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਜਾਣਕਾਰ ਦਿੰਦਿਆਂ ਬੀ.ਕੇ.ਯੂ. ਏਕਤਾ ਸਿੱਧੂਪੁਰ ਦੀ ਬਲਾਕ ਭਵਾਨੀਗੜ੍ਹ ਇਕਾਈ ਦੇ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਖਨੌਰੀ ਵਿਖੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਤੇ ਬੈਠ ਕੇ ਸਿਰ ਧੜ ਦੀ ਬਾਜ਼ੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀਆਂ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਵੱਖ-ਵੱਖ ਥਾਵਾਂ ਉੱਪਰ ਮੋਰਚਿਆਂ ਉੱਪਰ ਡਟੀਆਂ ਹੋਈਆਂ ਹਨ। ਅੱਜ ਦੇ ਮੁਕੰਮਲ ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਡ ਦੀ ਪ੍ਰਵਾਹ ਨਾ ਕਰਦੇ ਹੋਏ ਸ਼ਹਿਰਾਂ ’ਚ ਵੱਖ-ਵੱਖ ਥਾਵਾਂ ਉੱਪਰ ਹਾਈਵੇਅ ਜਾਮ ਕਰਨ ਦੇ ਨਾਲ-ਨਾਲ ਰੇਲਾਂ ਦਾ ਚੱਕਾ ਜਾਮ ਕਰਨ ਲਈ ਰੇਲਵੇ ਟ੍ਰੈਕਾਂ ਉੱਪਰ ਮੋਰਚੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵੱਜੋਂ ਅੱਜ ਕਿਸਾਨਾਂ ਨੂੰ ਇਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਲੰਬਾ ਸਮਾਂ ਚੱਲੇ ਕਿਸਾਨ ਅੰਦਲੋਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਝੂਠ ਬੋਲ ਕੇ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮੁੱਚੇ ਕਿਸਾਨਾਂ ਦੀ ਇਹੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਖਨੌਰੀ ਬਾਰਡਰ ਉਪਰ ਆਪਣੀ ਜਾਨ ਦਾਅ ਉਪਰ ਲਗਾ ਕੇ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੇਕਰ ਇਸ ਸੰਘਰਸ਼ ’ਚ ਸ਼ਹੀਦੀ ਪ੍ਰਾਪਤ ਕਰਦੇ ਹਨ ਤਾਂ ਇਹ ਸੰਘਰਸ਼ ਹੋਰ ਵੀ ਲੰਬਾ ਹੋਵੇਗਾ ਕਿਉਂਕਿ ਸ਼ਹੀਦੀਆਂ ਪ੍ਰਾਪਤ ਕਰਨ ਲਈ ਤਿਆਰ ਬੈਠੇ ਕਿਸਾਨਾਂ ਦੀ ਲਿਸਟ ਬਹੁਤ ਲੰਬੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖ ਕੇ ਸਰਕਾਰਾਂ ਪੂਰੀ ਤਰ੍ਹਾਂ ਡਰੀਆਂ ਹੋਈਆਂ ਹਨ। ਇਸ ਮੌਕੇ ਦੋਧੀ ਯੂਨੀਅਨ ਵੱਲੋਂ ਕਿਸਾਨਾਂ ਲਈ ਚਾਹ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦੋਧੀ ਯੂਨੀਅਨ ਦੇ ਸੂਬਾ ਆਗੂ ਜੌਗਿੰਦਰਪਾਲ ਭਾਂਬਰੀ, ਬਲਾਕ ਆਗੂ ਭੁਪਿੰਦਰ ਕਾਕੜਾ, ਵਿਸ਼ਾਲ ਭਾਂਬਰੀ ਸਮੇਤ ਕਈ ਹੋਰ ਕਿਸਾਨ ਆਗੂ ਵੀ ਮੌਜੂਦ ਸਨ। ਅੱਜ ਦੇ ਪੰਜਾਬ ਬੰਦ ਨੂੰ ਲੈ ਕੇ ਸ਼ਹਿਰ ਦੇ ਸਾਰੇ ਬਾਜ਼ਰਾਂ ’ਚ ਦੁਕਾਨਾਂ ਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ ਤੇ ਕਿਸਾਨਾਂ ਵੱਲੋਂ ਹਾਈਵੇ ਦੇ ਵਿਚਕਾਰ ਰੋਸ਼ ਧਰਨਾ ਸ਼ੁਰੂ ਕੀਤੇ ਜਾਣ ਕਾਰਨ ਹਾਈਵੇ ਦੀਆਂ ਦੋਵੇ ਸਾਇਡਾਂ ਉਪਰ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਵੀ ਨਜ਼ਰ ਆ ਰਹੀਆਂ ਸਨ।

error: Content is protected !!