Skip to content
ਪੰਜਾਬ-ਹਰਿਆਣਾ ਸਰਹੱਦ ‘ਤੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ। ਉਹਨਾਂ ਦੀ ਜਾਂਚ ਕਰ ਰਹੇ ਡਾਕਟਰ ਸਵਯਮਨ ਸਿੰਘ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਹ ਆਪਣੀ ਮਜ਼ਬੂਤ ਇੱਛਾ ਸ਼ਕਤੀ ਦੇ ਬਲ ‘ਤੇ ਹੀ ਜਿੰਦਗੀ ਜਿਉ ਰਹੇ ਹਨ। ਡੱਲੇਵਾਲ ਨੇ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਦਰਜ ਕੀਤੀ ਗਈ ਹੈ। ਟੈਸਟਾਂ ਵਿੱਚ ਲਿਵਰ ਅਤੇ ਕਿਡਨੀ ਵਿੱਚ ਵੀ ਨੁਕਸ ਪਹਿਚਾਣਿਆ ਗਿਆ ਹੈ।
ਡਾ: ਸਵਯਮਨ ਸਿੰਘ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਿਨਾਂ ਸਮਾਂ ਬਰਬਾਦ ਕੀਤੇ ਕਿਸਾਨਾਂ ਦੀਆਂ ਮੰਗਾਂ ‘ਤੇ ਤੁਰੰਤ ਗੌਰ ਕੀਤਾ ਜਾਵੇ। ਸਿਹਤ ਖ਼ਰਾਬ ਹੋਣ ਦੇ ਬਾਵਜੂਦ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਜਿਸ ਵਿੱਚ ਉਹਨਾਂ ਨੇ ਕਿਸਾਨਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ ਵਿਖੇ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
ਚਾਰ ਘੰਟੇ ਚੱਲੇਗੀ ਮਹਾਪੰਚਾਇਤ
ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਅਹਿਮ ਸੰਦੇਸ਼ ਦੇਣਾ ਚਾਹੁੰਦੇ ਹਨ। ਇਹ ਕਿਸਾਨ ਮਹਾਂਪੰਚਾਇਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ, ਜਿਸ ਵਿੱਚ ਪੰਜਾਬ, ਹਰਿਆਣਾ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਮਰਨ ਵਰਤ ਤਾਂ ਹੀ ਖਤਮ ਹੋਵੇਗਾ ਜੇਕਰ ਕੇਂਦਰ ਗੱਲਬਾਤ ਲਈ ਤਿਆਰ ਹੋਵੇਗਾ।
ਦੂਜੇ ਪਾਸੇ ਇਸ ਪੂਰੇ ਮਾਮਲੇ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਅਭਿਮੰਨਿਊ ਕੋਹਾੜ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅਦਾਲਤ ਵਿੱਚ ਹੋਈ ਸਾਰੀ ਪ੍ਰਕਿਰਿਆ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਸੁਪਰੀਮ ਕੋਰਟ ਦਾ ਰਵੱਈਆ ਪਹਿਲਾਂ ਦੇ ਮੁਕਾਬਲੇ ਬਦਲ ਗਿਆ ਹੈ। ਨਾਲ ਹੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਮੰਗਾਂ ਸਬੰਧੀ ਗੱਲਬਾਤ ਕਰਨ ਲਈ ਤਿਆਰ ਹੁੰਦੀ ਹੈ ਤਾਂ ਡੱਲੇਵਾਲ ਆਪਣਾ ਮਰਨ ਵਰਤ ਨੂੰ ਸਮਾਪਤ ਕਰਨ ਸਬੰਧੀ ਵਿਚਾਰ ਕਰ ਸਕਦੇ ਹਨ।
ਫਿਲਹਾਲ ਜਾਰੀ ਰਹੇਗਾ ਅੰਦੋਲਨ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੂੰ ਸੰਵਿਧਾਨਕ ਸੰਸਥਾਵਾਂ ਦੀ ਤਰਫੋਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੂਸ-ਯੂਕਰੇਨ ਦੌਰੇ ਦੌਰਾਨ ਕਿਹਾ ਸੀ ਕਿ ਵੱਡੀਆਂ ਜੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ ਤਾਂ ਕਿਸਾਨ ਇਸ ਦੇਸ਼ ਦਾ ਹਿੱਸਾ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਿਉਂ ਨਹੀਂ ਕੀਤਾ ਜਾ ਰਿਹਾ? ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਅੰਦੋਲਨ ਫਿਲਹਾਲ ਜਾਰੀ ਰਹੇਗਾ। ਕਿਸੇ ਵੀ ਹਾਲਤ ਵਿੱਚ ਪੰਜਾਬ ਸਰਕਾਰ ਦੇ ਕਹਿਣ ਤੇ ਪੁਲੀਸ ਪ੍ਰਸ਼ਾਸਨ ਨੂੰ ਇਸ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਖਨੌਰੀ ਸਰਹੱਦ ‘ਤੇ ਜਵਾਨ ਅਤੇ ਕਿਸਾਨ 24 ਘੰਟੇ ਪਹਿਰਾ ਦੇ ਰਹੇ ਹਨ।
About The Author
error: Content is protected !!