ਪੁਲਿਸ ਚੌਕੀਆਂ ਤੇ ਘਰਾਂ ‘ਤੇ ਹਮਲੇ ਹੋਣਾ ਸਰਕਾਰ ਦੀ ਨਾਕਾਮੀ ਦਾ ਨਤੀਜਾ : ਰੰਧਾਵਾ
ਸਰਕਾਰਾਂ ਦਾ ਮੁੱਖ ਮਨੋਰਥ ਜਨਤਾ ਦੀ ਰਾਖੀ ਅਤੇ ਉਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੁਲਿਸ ਚੌਕੀਆਂ ਅਤੇ ਥਾਣਿਆਂ ਤੇ ਕੀਤੇ ਧਮਾਕਿਆਂ ਤੋਂ ਬਾਅਦ ਹੁਣ ਘਰਾਂ ਤੇ ਹੋਏ ਹਮਲੇ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਦਿਨੋ ਦਿਨ ਵੱਧ ਰਹੀਆਂ ਘਟਨਾਵਾਂ ਤੋਂ ਜ਼ਾਹਰ ਹੈ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਹਾਲ ਰੱਖਣ ਵਿੱਚ ਫੇਲ੍ਹ ਹੋ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਮਨਦੀਪ ਜੈਂਤੀਪੁਰ ਦੇ ਘਰ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੋਇਆਂ ਕਿਹਾ ਹੈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਲਾਜ਼ਮੀ ਤੌਰ ਤੇ ਅਮਨਦੀਪ ਜੈਂਤੀਪੁਰ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨ ਨਹੀਂ ਬਣਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਜਦ ਕਿ ਸਰਕਾਰ ਦੇ ਲੀਡਰ ਪੰਜਾਬ ਦੇ ਲੋਕਾਂ ਦੀ ਬਜਾਏ ਆਪਣੇ ਆਪ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦੇ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਮਨੋਰਥ ਜਨਤਾ ਦੀ ਰਾਖੀ ਅਤੇ ਉਨਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ ਜਦ ਕਿ ਸਰਕਾਰ ਦਾ ਇਸ ਸਬੰਧੀ ਕੋਈ ਧਿਆਨ ਨਹੀਂ ਜੋ ਪੰਜਾਬ ਦੀ ਜਨਤਾ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।