ਪੰਜਾਬ ਦੇ 11ਜਿਲਿਆਂ ਦੇ ਐਸ• ਐਸ• ਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ। ਜਾਣੋ ਕੀ ਹੈ ਪੂਰਾ ਮਾਮਲਾ।

ਚੰਡੀਗੜ੍ਹ (ਬਲਵਿੰਦਰ ਬਾਲੀ)  ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਲੈ ਕੇ ਸੂਬੇ ਦੇ 11 ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀ. ਸੀਜ਼. ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿੱਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕੇ। ਮਿਲੀ ਜਾਣਕਾਰੀ ਮੁਤਾਬਕ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐੱਸ. ਐੱਸ. ਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਇਲਾਕਿਆਂ ਵਿਚ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਇਹ 11 ਪੁਲਸ ਜ਼ਿਲ੍ਹੇ ਉਨ੍ਹਾਂ ਜ਼ਿਲ੍ਹਿਆਂ ਵਿਚੋਂ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿਚ ਅਸਫਲ ਰਹਿਣ ਲਈ ਇਕ ਦਿਨ ਪਹਿਲਾਂ ਡੀ. ਸੀ. ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਸਕੱਤਰ ਨੇ ਸੂਬੇ ਦੇ 9 ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਵਿਚ ਜਵਾਬ ਮੰਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਕਿਉਂ ਨਾ ਕਾਰਵਾਈ ਕੀਤੀ ਜਾਵੇ। ਜਿਨ੍ਹਾਂ ਜ਼ਿਲ੍ਹਿਆਂ ਵਿਚ 100 ਤੋਂ ਵੱਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ। ਸੰਗਰੂਰ ਬਰਨਾਲਾ ਤੋਂ ਇਲਾਵਾ ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।

error: Content is protected !!