ਸਪੀਕਰ ਸੰਧਵਾਂ ਨੇਂ ਡੀ•ਜੀ•ਪੀ• ਪੰਜਾਬ ਨਾਲ ਮੀਟਿੰਗ ਕਰ ਸ਼ੱਕੀ ਅਨਸਰਾਂ ਤੇ ਤਿੱਖੀ ਨਜ਼ਰ ਰੱਖਣ ਦੇ ਕੀਤੇ ਨਿਰਦੇਸ਼ ਜਾਰੀ।

ਚੰਡੀਗੜ੍ਹ (ਬਲਵਿੰਦਰ ਬਾਲੀ) – ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸੰਧਵਾਂ ਨੇ ਡੀ. ਜੀ. ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ’ਚ ਪੁਲਸ ਗਸ਼ਤ ਤੇਜ਼ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ’ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

error: Content is protected !!