ਭਵਾਨੀਗੜ੍ਹ (ਬਲਵਿੰਦਰ ਬਾਲੀ) ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਵੱਲੋਂ ਅੱਜ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਕਾਲੀਆਂ ਝੰਡੀਆਂ ਦਿਖ਼ਾ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਵਲੋਂ ਅੱਜ ਆਪਣੀ ਚੋਣ ਮੁਹਿੰਮ ਸ਼ੁਰੂ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ ’ਤੇ ਵਰਕਰਾਂ ਨਾਲ ਚੋਣ ਮੀਟਿੰਗਾਂ ਰੱਖੀਆਂ ਹੋਈਆਂ ਸਨ, ਜਿਸ ਦਾ ਪਤਾ ਲਗਦਿਆਂ ਹੀ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਨਾਅਰੇਬਾਜ਼ੀ ਕਰਦਿਆਂ ਮੀਟਿੰਗ ਵਾਲੇ ਸਥਾਨ ਅਗਰਵਾਲ ਭਵਨ ਵੱਲ ਵਧਣਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੁਲਸ ਦੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਿਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀ ਪੁਲਸ ਫੋਰਸ ਵੱਲੋਂ ਅਗਰਵਾਲ ਭਵਨ ਤੋਂ ਮਹਿਜ 100 ਮੀਟਰ ਦੀ ਦੂਰੀ ’ਤੇ ਰੱਸੀ ਲਗਾ ਕੇ ਕਿਸਾਨਾਂ ਨੂੰ ਰੋਕ ਲਿਆ।ਇਸ ਮੌਕੇ ਯੂਨੀਅਨ ਦੇ ਆਗੂ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਹੋਏ ਕਿਸਾਨੀ ਸੰਘਰਸ਼ ਦੌਰਾਨ 900 ਦੇ ਕਰੀਬ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਅਤੇ ਹੁਣ ਫਿਰ ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਵੀ ਅਣਦੇਖ਼ਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਹਰ ਥਾਂ ’ਤੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਹ ਜਿੱਤ ਕੇ ਸੰਸਦ ਦੇ ਵਿੱਚ ਜਾ ਕੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਗੇ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ‘ਤੇ ਪੂਰਾ ਭਰੋਸਾ ਕਰਨਾ ਚਾਹੀਦਾ ਹੈ ਅਤੇ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾ ਕੇ ਸੰਸਦ ਭੇਜਣਾ ਚਾਹੀਦਾ ਹੈ। ਇਸ ਮੌਕੇ ਡੀ.ਐਸ.ਪੀ ਗੁਰਦੀਪ ਸਿੰਘ ਦਿਊਲ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਸ਼ਾਂਤਮਈ ਮਾਹੌਲ ਨਾਲ ਚੋਣਾਂ ਕਰਾਉਣਾ ਉਨ੍ਹਾਂ ਦੀ ਡਿਊਟੀ ਹੈ, ਜਿਸ ਨੂੰ ਸਹੀ ਢੰਗ ਨਾਲ ਨਿਭਾ ਰਹੇ ਹਨ।